ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ ਦੇ ਮੁਕਾਬਲੇ ਵਿੱਚ 34 ਟੀਮਾਂ ਨੇ ਲਿਆ ਭਾਗ
ਅੰਡਰ-14 ਵਿੱਚ ਐਚ.ਵੀ.ਐਮ. ਕਾਨਵੈਂਟ ਅਤੇ ਅੰਡਰ-19 ਵਿੱਚ ਬੀ.ਵੀ.ਐਮ. ਊਧਮ ਸਿੰਘ ਨਗਰ ਨੇ ਹਾਸਲ ਕੀਤਾ ਪਹਿਲਾ ਸਥਾਨ
ਜਗਰਾਉ, 5 ਨਵੰਬਰ: ਦਿਨੇਸ਼ ਸ਼ਰਮਾ
ਬਲੌਸਮਜ਼ ਕਾਨਵੈਂਟ ਸਕੂਲ, ਲੀਲਾਂ ਮੇਘ ਸਿੰਘ ਵਿਖੇ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ ਵੱਲੋਂ ਕਰਵਾਇਆ ਗਿਆ ਦੋ-ਰੋਜ਼ਾ ਵਾਲੀਬਾਲ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ। ਇਸ ਮੁਕਾਬਲੇ ਵਿੱਚ ਅੰਡਰ-14 ਵਰਗ ਦੀਆਂ 16 ਅਤੇ ਅੰਡਰ-19 ਵਰਗ ਦੀਆਂ 18 ਟੀਮਾਂ ਸਮੇਤ ਕੁੱਲ 34 ਟੀਮਾਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡੀ.ਐੱਸ.ਪੀ. ਸ. ਜਸਵਿੰਦਰ ਸਿੰਘ ਢੀਂਡਸਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ ਅਤੇ ਮਿਲਵਰਤਣ ਵਰਗੇ ਗੁਣ ਵੀ ਵਿਕਸਿਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਸ ਨਾਲ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ।
ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਖੇਡਾਂ ਸਿਰਫ਼ ਜਿੱਤ ਅਤੇ ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਜੀਵਨ ਵਿੱਚ ਮਿਹਨਤ, ਲਗਨ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਪ੍ਰੇਰਨਾ ਵੀ ਦਿੰਦੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।