Skip to content

ਸਰਕਾਰੀ ਸੇਵਾ ਤੋਂ ਸਿਆਸੀ ਮੈਦਾਨ ਤੱਕ ਪਹੁੰਚੇ ਨੱਥੋਵਾਲ, ਰਾਏਕੋਟ ਲਈ ਅਕਾਲੀ ਦਲ ਦਾ ਨਵਾਂ ਚਿਹਰਾ

ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਰਾਏਕੋਟ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨਣ ਦੀ ਜਾਣਕਾਰੀ ਦਿੱਤੀ ਗਈ ਹੈ। ਨੱਥੋਵਾਲ ਨੇ ਸਰਕਾਰੀ ਅਸਤੀਫ਼ਾ ਮਨਜ਼ੂਰ ਨਾ ਹੋਣ ਅਤੇ ਦਬਾਅ ਬਣਾਏ ਜਾਣ ਦੀ ਗੱਲ ਆਖੀ ।

ਸਰਕਾਰੀ ਸੇਵਾ ਤੋਂ ਸਿਆਸੀ ਮੈਦਾਨ ਤੱਕ ਪਹੁੰਚੇ ਨੱਥੋਵਾਲ, ਰਾਏਕੋਟ ਲਈ ਅਕਾਲੀ ਦਲ ਦਾ ਨਵਾਂ ਚਿਹਰਾ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਰਾਏਕੋਟ/ਲੁਧਿਆਣਾ, 13 ਨਵੰਬਰ (ਸੰਜੀਵ ਮਲਹੋਤਰਾ): ਰਾਏਕੋਟ ਵਿਧਾਨ ਸਭਾ ਹਲਕੇ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਿੰਡ ਨੱਥੋਵਾਲ ਵਿਖੇ ਕਰਵਾਏ ਇਕੱਠ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਹਲਕੇ ਦੇ ਵੋਟਰਾਂ ਨੂੰ ਉਨ੍ਹਾਂ ਦੀ ਹਮਾਇਤ ਕਰਨ ਦੀ ਅਪੀਲ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਲੰਮੇ ਸਮੇਂ ਤੋਂ ਪ੍ਰਭਦੀਪ ਸਿੰਘ ਨੱਥੋਵਾਲ ਦੀ ਕਾਰਜਸ਼ੈਲੀ ਅਤੇ ਸਮਾਜਿਕ ਸਰਗਰਮੀਆਂ ਨੂੰ ਦੇਖਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਅਤੇ ਇਲਾਕੇ ਨਾਲ ਜੁੜੇ ਵਿਅਕਤੀ ਨੂੰ ਨੁਮਾਇੰਦਗੀ ਮਿਲਣ ਨਾਲ ਹਲਕੇ ਦੇ ਮਸਲਿਆਂ ਦੀ ਬਿਹਤਰ ਢੰਗ ਨਾਲ ਪੈਰਵੀ ਹੋ ਸਕਦੀ ਹੈ।

ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ਦੌਰਾਨ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਤਰਜੀਹ ਦੇਣ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਕਰੀਬ 6,000 ਕਰੋੜ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਨਸ਼ਿਆਂ, ਅਮਨ-ਕਾਨੂੰਨ ਅਤੇ ਬਿਜਲੀ ਸਪਲਾਈ ਦੇ ਮੁੱਦਿਆਂ ’ਤੇ ਵੀ ਸੂਬਾ ਸਰਕਾਰ ਦੀ ਆਲੋਚਨਾ ਕੀਤੀ।

ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕਰਨ ਦੇ ਵਾਅਦੇ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਮੁੜ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਵਾਅਦਾ ਕੀਤਾ ਕਿ ਆਟਾ-ਦਾਲ ਸਕੀਮ ਤਹਿਤ ਹਰ ਪਰਿਵਾਰ ਨੂੰ ਚਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ ਅਤੇ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਾਲ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਲੜਕੀਆਂ ਦੀ ਸ਼ਗਨ ਰਾਸ਼ੀ ਵਧਾ ਕੇ ਇੱਕ ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3,100 ਰੁਪਏ ਮਹੀਨਾ ਕਰਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਅਤੇ ਡੇਅਰੀ ਧੰਦੇ ਨਾਲ ਜੁੜੇ ਪ੍ਰਾਜੈਕਟਾਂ ਲਈ 75 ਫ਼ੀਸਦੀ ਸਬਸਿਡੀ ਦੇਣ ਦਾ ਵਾਅਦਾ ਕੀਤਾ।

ਪਿੰਡ ਨੱਥੋਵਾਲ ਨੂੰ ਸ਼ਹੀਦਾਂ ਅਤੇ ਬਹਾਦਰ ਫ਼ੌਜੀਆਂ ਦੀ ਧਰਤੀ ਦੱਸਦਿਆਂ ਉਨ੍ਹਾਂ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਅਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਉਣ ਦਾ ਭਰੋਸਾ ਦਿੱਤਾ। 

ਬੱਸੀਆਂ ਕੋਠੀ ਦੇ ਇਤਿਹਾਸਕ ਮਹੱਤਵ ਦਾ ਵੀ ਕੀਤਾ ਜ਼ਿਕਰ

ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦਾ ਜ਼ਿਕਰ ਕਰਦਿਆਂ ਰਾਏਕੋਟ ਹਲਕੇ ਦੇ ਇਤਿਹਾਸਕ ਸਥਾਨ ਬੱਸੀਆਂ ਕੋਠੀ ਦੀ ਮਹੱਤਤਾ ਬਾਰੇ ਗੱਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਾਲ 2012 ਵਿੱਚ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕਰਵਾਇਆ ਗਿਆ ਮੈਨੇਜਮੈਂਟ ਇੰਸਟੀਚਿਊਟ ਬਾਅਦ ਦੀਆਂ ਸਰਕਾਰਾਂ ਦੇ ਸਮੇਂ ਬੰਦ ਹੋ ਗਿਆ।

ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਬਾਰੇ ਨੱਥੋਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰੀ ਸੇਵਾ ਵਿੱਚ ਅਜੇ ਕਾਫ਼ੀ ਸਮਾਂ ਬਾਕੀ ਸੀ ਅਤੇ ਵੱਖ-ਵੱਖ ਮੁੱਖ ਮੰਤਰੀਆਂ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਸੂਬੇ ਦੇ ਪ੍ਰਸ਼ਾਸਕੀ ਅਤੇ ਸਿਆਸੀ ਹਾਲਾਤ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੇ ਅਹੁਦਿਆਂ ਅਤੇ ਚੋਣਾਂ ਲੜਨ ਦੀਆਂ ਪੇਸ਼ਕਸ਼ਾਂ ਮਿਲੀਆਂ ਸਨ, ਪਰ ਉਨ੍ਹਾਂ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਫ਼ੈਸਲਾ ਕੀਤਾ।

ਵਿਦਿਆਰਥੀ ਜੀਵਨ ਦੌਰਾਨ ਨੈਸ਼ਨਲ ਯੂਥ ਐਵਾਰਡ ਪ੍ਰਾਪਤ ਕਰਨ ਅਤੇ ਪੱਤਰਕਾਰੀ ਨਾਲ ਜੁੜੇ ਰਹਿਣ ਦਾ ਜ਼ਿਕਰ ਕਰਦਿਆਂ ਨੱਥੋਵਾਲ ਨੇ ਕਿਹਾ ਕਿ ਉਹ ਹਲਕੇ ਦੇ ਨਿਰਾਸ਼ ਵਰਕਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੁੜ ਜਥੇਬੰਦੀ ਨਾਲ ਜੋੜਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਗੇ।