Friday, 06 November 2026
Politics
16 ਨਵੰਬਰ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਅਕਾਲੀ ਦਲ ਵੱਲੋਂ ਤਿਆਰੀਆਂ ਤੇਜ਼
ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਜਗਰਾਉਂ ਵਿਖੇ ਹੋਵੇਗੀ ਰੈਲੀ
ਐੱਸ.ਆਰ. ਕਲੇਰ ਦੇ ਗ੍ਰਹਿ ਵਿਖੇ ਹਲਕਾ ਪੱਧਰੀ ਮੀਟਿੰਗ ਕਰਕੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ
ਜਗਰਾਉਂ, 6 ਨਵੰਬਰ: ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜਗਰਾਉਂ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੇ ਗ੍ਰਹਿ ਵਿਖੇ ਹਲਕਾ ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤਾਂ ਜੋ ਰੈਲੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਗੂਆਂ ਨੇ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਵਰਕਰਾਂ ਨਾਲ ਤਾਲਮੇਲ ਕਰਕੇ ਰੈਲੀ ਲਈ ਲਾਮਬੰਦੀ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ।
ਐੱਸ.ਆਰ. ਕਲੇਰ ਨੇ ਦੱਸਿਆ ਕਿ 10 ਨਵੰਬਰ ਤੋਂ 14 ਨਵੰਬਰ ਤੱਕ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਰੈਲੀ ਸਬੰਧੀ ਮੀਟਿੰਗਾਂ ਅਤੇ ਪ੍ਰੋਗਰਾਮ ਉਲੀਕੇ ਗਏ ਹਨ। ਇਨ੍ਹਾਂ ਰਾਹੀਂ ਪਿੰਡਾਂ ਦੀਆਂ ਮਾਵਾਂ ਅਤੇ ਧੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ 16 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਦੇ ਰੈਲੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਮੰਤਵ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਉਨ੍ਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਪ੍ਰੀਤ ਸਿੰਘ ਕਾਉਂਕੇ, ਮਨਦੀਪ ਸਿੰਘ ਗਾਲਿਬ, ਕੁਲਦੀਪ ਸਿੰਘ ਗਿੱਦੜਵਿੰਡੀ ਅਤੇ ਤਜਿੰਦਰਪਾਲ ਸਿੰਘ ਕੰਨੀਆਂ ਹਾਜ਼ਰ ਸਨ।
ਇਸ ਤੋਂ ਇਲਾਵਾ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ ਅਤੇ ਅਮਨਾ ਡੱਲਾ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ।