Thursday, 12 November 2026
Jagraon
ਡੀ.ਏ.ਵੀ. ਕਾਲਜ ਜਗਰਾਉਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
ਜਗਰਾਉਂ: ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਾਜਪਤ ਰਾਏ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪੁਲਿਸ ਜ਼ਿਲ੍ਹਾ ਸਾਂਝ ਕੇਂਦਰ ਅਤੇ ਕੁਦਰਤ ਦੇ ਰਾਖੇ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਸੈਮੀਨਾਰ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਅਨੁਜ ਸ਼ਰਮਾ, ਕੈਪਟਨ ਨਰੇਸ਼ ਵਰਮਾ, ਕੁਦਰਤ ਦੇ ਰਾਖੇ ਟਰੱਸਟ ਦੇ ਚੇਅਰਮੈਨ ਰਾਜਿੰਦਰ ਜੈਨ ਕਾਕਾ, ਸਾਂਝ ਕੇਂਦਰ ਦੇ ਇੰਚਾਰਜ ਹਰਪ੍ਰੀਤ ਸਿੰਘ, ਪ੍ਰੋਫੈਸਰ ਰੋਹਿਤ ਵਰਮਾ ਅਤੇ ਡਾ. ਸੁਭਾਸ਼ ਚੰਦਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਦੋਸਤਾਂ, ਪਰਿਵਾਰਕ ਮੈਂਬਰਾਂ ਅਤੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।