Friday, 23 October 2026
Jagraon
ਜਗਰਾਓਂ ਦੇ 204 ਪੋਲਿੰਗ ਸਟੇਸ਼ਨਾਂ ’ਤੇ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਵੋਟਰ ਕੈਂਪ
ਜਗਰਾਓਂ, 23 ਅਕਤੂਬਰ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਜਗਰਾਓਂ ਦੇ ਸਮੂਹ 204 ਪੋਲਿੰਗ ਸਟੇਸ਼ਨਾਂ ’ਤੇ 24 ਅਕਤੂਬਰ 2026, ਸ਼ਨੀਵਾਰ ਨੂੰ ਵਿਸ਼ੇਸ਼ ਵੋਟਰ ਕੈਂਪ ਲਗਾਏ ਜਾਣਗੇ। ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਐੱਸ.ਆਈ.ਆਰ. (SIR) 2026 ਉਪਰੰਤ ਤਿਆਰ ਕੀਤੀ ਗਈ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ, ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੋਟਰ ਸੂਚੀ ਜਾਂ ਵੋਟਰ ਕਾਰਡ ਦੇ ਵੇਰਵਿਆਂ ਵਿੱਚ ਸੋਧ ਲਈ ਅਰਜ਼ੀਆਂ ਦੇ ਸਕਣਗੇ।
ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜਗਰਾਓਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਬਾਦਲ ਦੀਨ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (BLO) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣਗੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੇ ਨਾਲ-ਨਾਲ ਨਿਰਧਾਰਤ ਫਾਰਮ ਵੀ ਸਬੰਧਤ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਵੀਂ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, ਵਿਦੇਸ਼ ਵਿੱਚ ਰਹਿੰਦੇ ਭਾਰਤੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6-ਏ, ਵੋਟਰ ਸੂਚੀ ਵਿੱਚ ਨਾਮ ਕੱਟਣ ਜਾਂ ਇਤਰਾਜ਼ ਦਰਜ ਕਰਨ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਦੇ ਵੇਰਵਿਆਂ ਵਿੱਚ ਸੋਧ ਜਾਂ ਹੋਰ ਨਿਰਧਾਰਤ ਤਬਦੀਲੀਆਂ ਲਈ ਫਾਰਮ ਨੰਬਰ 8 ਵਰਤਿਆ ਜਾਂਦਾ ਹੈ।
ਬਾਦਲ ਦੀਨ ਨੇ ਦੱਸਿਆ ਕਿ ਹਲਕੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟ (BLA) ਵੀ ਕੈਂਪਾਂ ਦੌਰਾਨ ਬੀ.ਐੱਲ.ਓਜ਼. ਨੂੰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਬੰਧਤ ਪਾਰਟੀਆਂ ਦੇ ਨੁਮਾਇੰਦਿਆਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ।
ਉਪ ਮੰਡਲ ਮੈਜਿਸਟ੍ਰੇਟ ਨੇ ਹਲਕਾ ਜਗਰਾਓਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਨ। ਇਸੇ ਤਰ੍ਹਾਂ ਵੋਟਰ ਕਾਰਡ ਜਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਲਈ ਫਾਰਮ ਨੰਬਰ 8 ਸਮੇਤ ਲੋੜੀਂਦੀ ਅਰਜ਼ੀ ਸਬੰਧਤ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਰਜਿਸਟ੍ਰੇਸ਼ਨ, ਸੋਧ ਜਾਂ ਦਾਅਵੇ-ਇਤਰਾਜ਼ਾਂ ਦੀ ਪ੍ਰਕਿਰਿਆ ਪੂਰੀ ਕਰਨ।