ਈ-ਪੇਪਰ ਪੜ੍ਹਨ ਮੋਡ

Punjab Patrika ePaper

Saturday, 31 October 2026

ਜੇ. ਐਮ. ਕੇ. ਇੰਟਰਨੈਸ਼ਨਲ ਸਕੂਲ ਵਿੱਚ ਗੁਰਬਾਣੀ ਦੀ ਪ੍ਰੀਖਿਆ ਕਰਵਾਈ

ਜੇ. ਐਮ. ਕੇ. ਇੰਟਰਨੈਸ਼ਨਲ ਸਕੂਲ ਵਿੱਚ ਗੁਰਬਾਣੀ ਦੀ ਪ੍ਰੀਖਿਆ ਕਰਵਾਈ

ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਉਪਰਾਲਾ

ਜਗਰਾਉਂ: ਦਿਨੇਸ਼ ਸ਼ਰਮਾ 

ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ, ਗੁਰਬਾਣੀ ਦੇ ਸੰਦੇਸ਼ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਜੇ. ਐਮ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਗੁਰਬਾਣੀ ਦੀ ਪ੍ਰੀਖਿਆ ਕਰਵਾਈ ਗਈ। ਇਸ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚਾਈ, ਨਿਮਰਤਾ, ਪਿਆਰ, ਸੇਵਾ ਅਤੇ ਚੰਗੇ ਆਚਰਨ ਦਾ ਮਾਰਗ ਦਿਖਾਉਂਦੀ ਹੈ। ਇਸ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਨਾਲ ਵਿਅਕਤੀ ਦੇ ਅੰਦਰ ਚੰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।

ਪ੍ਰਿੰਸੀਪਲ ਰਜਨੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਬਾਣੀ ਅਤੇ ਧਾਰਮਿਕ ਸਿੱਖਿਆਵਾਂ ਨਾਲ ਜੋੜਨਾ ਮਹੱਤਵਪੂਰਨ ਹੈ। ਇਸ ਨਾਲ ਉਨ੍ਹਾਂ ਨੂੰ ਆਪਣੇ ਸੱਭਿਆਚਾਰ, ਧਾਰਮਿਕ ਵਿਰਸੇ ਅਤੇ ਨੈਤਿਕ ਜ਼ਿੰਮੇਵਾਰੀਆਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ।

ਉਨ੍ਹਾਂ ਅਨੁਸਾਰ ਸਿੱਖਿਆ ਦਾ ਮਕਸਦ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਉਨ੍ਹਾਂ ਵਿੱਚ ਚੰਗੇ ਸੰਸਕਾਰਾਂ ਦਾ ਵਿਕਾਸ ਕਰਨਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ।

ਸਕੂਲ ਵੱਲੋਂ ਕਰਵਾਈ ਗਈ ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਅਧਿਐਨ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਿੱਚ ਧਾਰਮਿਕ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਦਾ ਸੁਨੇਹਾ ਦਿੱਤਾ ਗਿਆ।