ਈ-ਪੇਪਰ ਪੜ੍ਹਨ ਮੋਡ

Punjab Patrika ePaper

Monday, 02 November 2026

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਮਾਮਲੇ ’ਚ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਗ੍ਰਿਫ਼ਤਾਰ

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਮਾਮਲੇ ’ਚ  ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਗ੍ਰਿਫ਼ਤਾਰ

200 ਕਿਲੋਮੀਟਰ ਦੇ ਰੂਟ ਦੀ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਂਚ ਰਾਹੀਂ ਹੋਈ ਪਛਾਣ

ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਲਈ ਫਾਇਰਿੰਗ ਕੀਤੇ ਜਾਣ ਦਾ ਪੁਲਿਸ ਦਾ ਦਾਅਵਾ

ਜਗਰਾਉਂ,(ਦਿਨੇਸ਼ ਸ਼ਰਮਾ) ਪਿੰਡ ਰਾਜੋਆਣਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ੂਟਰ ਵਜੋਂ ਪਛਾਣੇ ਗਏ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਤਕਨੀਕੀ ਜਾਂਚ, ਹਿਊਮਨ ਇੰਟੈਲੀਜੈਂਸ ਅਤੇ ਲਗਭਗ 200 ਕਿਲੋਮੀਟਰ ਦੇ ਆਉਣ-ਜਾਣ ਵਾਲੇ ਰੂਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਤੋਂ ਬਾਅਦ ਹੋਈ। ਜਦਕਿ ਪੁਲਿਸ ਵੱਲੋਂ ਦੂਸਰੇ ਸ਼ੂਟਰ ਦੀ ਤਲਾਸ਼ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਐਸਐਸਪੀ ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਪੁਲਿਸ ਲਾਈਨ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ, ਮੱਛੀਵਾੜਾ, ਜ਼ਿਲ੍ਹਾ ਫਿਰੋਜ਼ਪੁਰ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 28 ਅਕਤੂਬਰ 2026 ਨੂੰ ਤੜਕਸਾਰ ਕਰੀਬ 3:10 ਵਜੇ ਮੂੰਹ ਢੱਕ ਕੇ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਵਿਅਕਤੀ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ। ਘਟਨਾ ਸਬੰਧੀ ਥਾਣਾ ਸੁਧਾਰ ਵਿਖੇ ਮੁਕੱਦਮਾ ਨੰਬਰ 165 ਮਿਤੀ 28-10-2026 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਲੁਧਿਆਣਾ ਦਿਹਾਤੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਜਾਂਚ ਕੀਤੀ। ਪੁਲਿਸ ਟੀਮਾਂ ਨੇ ਘਟਨਾ ਸਥਾਨ ਤੋਂ ਲੈ ਕੇ ਸ਼ੱਕੀ ਵਿਅਕਤੀਆਂ ਦੇ ਆਉਣ-ਜਾਣ ਵਾਲੇ ਰੂਟ ਦੇ ਵੱਖ-ਵੱਖ ਪੁਆਇੰਟਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਤਕਨੀਕੀ ਸਾਧਨਾਂ ਅਤੇ ਮਨੁੱਖੀ ਸੂਚਨਾਵਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਗਿਆ, ਜਿਸ ਦੇ ਆਧਾਰ ’ਤੇ ਪੁਲਿਸ ਦੋਵੇਂ ਸ਼ੂਟਰਾਂ ਦੀ ਪਛਾਣ ਕਰਨ ਅਤੇ ਇੱਕ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੀ।

ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਨਾਲ ਜੁੜੀ ਫਾਇਰਿੰਗ

ਐਸਐਸਪੀ ਡਾ. ਅੰਕੁਰ ਗੁਪਤਾ ਅਨੁਸਾਰ ਮੁੱਢਲੀ ਪੁੱਛਗਿੱਛ ਅਤੇ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸੇ ਸਿਲਸਿਲੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।।

ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ ਅਤੇ ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਜਾਂਚ ਦੌਰਾਨ ਜੇਕਰ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਸੱਤ ਮਾਮਲੇ ਦਰਜ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਰਾਜ ਸਿੰਘ ਉਰਫ਼ ਰਾਜੂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਸੱਤ ਮੁਕੱਦਮੇ ਦਰਜ ਹਨ।

ਐਸਐਸਪੀ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਪਿੰਡ ਗਗੜਾ ਸਥਿਤ ਗੁਰਦੁਆਰਾ ਗੋਪਾਲਸਰ ਸਾਹਿਬ ਅਤੇ ਪਿੰਡ ਰਾਜੋਆਣਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਨੂੰ ਜਾਂਚ ਰਾਹੀਂ ਰਿਕਾਰਡ ਸਮੇਂ ਵਿੱਚ ਟਰੇਸ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।