Saturday, 31 October 2026
PUNJAB
ਸ਼ਾਂਤਮਈ ਧਰਨਾ ਦੇ ਰਹੇ ਸਾਥੀਆਂ ਉੱਤੇ ਧਾਰਾ 307 ਦਾ ਪਰਚਾ ਦਰਜ ਕਰਨਾ ਬੇਹੱਦ ਨਿੰਦਣਯੋਗ: ਰਾਜੀਵ ਲਵਲੀ
ਜਗਰਾਉਂ, (ਸੰਜੀਵ ਮਲਹੋਤਰਾ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਨੇ ਮਾਨਸਾ ਵਿਖੇ ਪਿਛਲੇ ਕਰੀਬ 17-18 ਦਿਨਾਂ ਤੋਂ ਚੱਲ ਰਹੇ ਧਰਨੇ ਦੌਰਾਨ ਪੁਲਿਸ ਵੱਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਗੰਭੀਰ ਧਾਰਾ 307 ਤਹਿਤ ਮਾਮਲਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਰਾਜੀਵ ਲਵਲੀ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੌਮੀ ਸ਼ਹੀਦ ਕਰਾਰ ਦਿੱਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਲਗਾਤਾਰ ਚੱਲ ਰਿਹਾ ਹੈ। ਇਸੇ ਦੌਰਾਨ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ, ਜਿਸ ਕਾਰਨ ਧਰਨੇ ਵਿੱਚ ਬੈਠੇ ਆਗੂਆਂ ਨੇ ਆਪਣਾ ਰੋਸ ਜ਼ਾਹਿਰ ਕਰਨਾ ਚਾਹਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਜ਼ਬਰੀ ਚੁੱਕ ਲਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਲੋਕਾਂ ਦੇ ਰੋਹ ਤੋਂ ਡਰਦਿਆਂ ਲੱਖਾ ਸਿਧਾਣਾ ਅਤੇ ਸਾਥੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਅਤੇ ਰੋਸ ਪ੍ਰਗਟਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਜੇਕਰ ਸ਼ਾਂਤਮਈ ਧਰਨਾ ਦੇਣਾ ਵੀ ਗੁਨਾਹ ਬਣ ਜਾਵੇ ਤਾਂ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਮਹੱਤਤਾ ਹੀ ਖ਼ਤਮ ਹੋ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਸਰਕਾਰ ਅਤੇ ਉੱਚ ਪੱਧਰੀ ਦਬਾਅ ਹੇਠ ਆ ਕੇ ਆਗੂਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਦੇਹ ਪਰਿਵਾਰ ਅਤੇ ਧਰਨਾਕਾਰੀਆਂ ਤੋਂ ਆਪਣੇ ਕਬਜ਼ੇ ਵਿੱਚ ਲੈ ਕੇ ਬਠਿੰਡਾ ਏਮਜ਼ ਵਿਖੇ ਪੋਸਟਮਾਰਟਮ ਕਰਵਾਉਣ ਅਤੇ ਦੇਹ ਮੋਰਚਰੀ ਵਿੱਚ ਰੱਖਣ ਦੀ ਕਾਰਵਾਈ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਦਾ ਸਨਮਾਨ ਕਰਨਾ ਅਤੇ ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਦਾ ਮੌਕਾ ਦੇਣਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ।
ਰਾਜੀਵ ਲਵਲੀ ਨੇ ਐਲਾਨ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੀ ਹਲਕਾ ਜਗਰਾਉਂ ਦੀ ਸਮੁੱਚੀ ਟੀਮ ਇਸ ਪੁਲਿਸ ਕਾਰਵਾਈ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮਾਮਲੇ ਤੁਰੰਤ ਰੱਦ ਕੀਤੇ ਜਾਣ।