• Tuesday, 30 June 2026
Logo Logo
Advertisement
4 ਜੁਲਾਈ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਸੱਦਾ

30 Jun 2026 | 2 Views

4 ਜੁਲਾਈ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਸੱਦਾ

ਸ਼ੇਰਪੁਰ ਕਲਾਂ ਅਤੇ ਸ਼ੇਰਪੁਰ ਖੁਰਦ ਦੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਜਗਰਾਉਂ (ਸੰਜੀਵ ਮਲਹੋਤਰਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸ਼ੇਰਪੁਰ ਕਲਾਂ ਇਕਾਈ ਦੀ ਮੀਟਿੰਗ ਇਕਾਈ ਪ੍ਰਧਾਨ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸੇ ਤਰ੍ਹਾਂ ਸ਼ੇਰਪੁਰ ਖੁਰਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਦੋਵਾਂ ਮੀਟਿੰਗਾਂ ਵਿੱਚ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਗਨਨਾਥ ਸੰਘਰਾਓ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਮੀਟਿੰਗ ਦੀ ਸ਼ੁਰੂਆਤ ਵਿੱਚ ਸ਼ੇਰਪੁਰ ਕਲਾਂ ਦੇ ਜੰਮਪਲ ਗ਼ਦਰੀ ਸ਼ਹੀਦ ਹਾਫ਼ਿਜ਼ ਅੱਬਦੁੱਲਾ ਜਗਰਾਓਂ ਅਤੇ ਬਾਬੂ ਅਮਰ ਸਿੰਘ ਸਹੌਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਕਿਸਾਨਾਂ ਨੂੰ 4 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਪੈਦਾਵਾਰ 'ਤੇ ਜ਼ੀਰੋ ਟੈਰਿਫ ਲਾਗੂ ਕਰਨ ਨਾਲ ਦੇਸ਼ ਦੀ ਮੰਡੀ 'ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਆਗੂਆਂ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਮੁਕਤ ਵਪਾਰ ਸਮਝੌਤੇ ਦਾ ਵਿਰੋਧ, ਤੇਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫਸਲਾਂ ਦਾ ਵਾਜਬ ਮੁੱਲ, ਬਿਜਲੀ ਕੱਟ ਖਤਮ ਕਰਨ, ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਬੀਜ ਐਕਟ ਤੇ ਬਿਜਲੀ ਐਕਟ ਰੱਦ ਕਰਨ ਵਰਗੀਆਂ ਮੰਗਾਂ ਉਠਾਈਆਂ ਜਾਣਗੀਆਂ। ਮੀਟਿੰਗਾਂ ਵਿੱਚ ਹਾਜ਼ਰ ਕਿਸਾਨਾਂ ਨੇ 4 ਜੁਲਾਈ ਦੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਜਗਵਿੰਦਰ ਸਿੰਘ ਤੂਰ, ਗੁਰਸੇਵਕ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਵੰਤ ਸਿੰਘ ਗਾਲਬ ਸਮੇਤ ਹੋਰ ਕਿਸਾਨ ਹਾਜ਼ਰ ਸਨ।

Published on: 30 Jun 2026

Dinesh Sharma
📣 Share this post

Latest News