ਪੁਲਿਸ ਮੁਤਾਬਕ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਬਰਾਮਦ, ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ
ਸੀਸੀਟੀਵੀ ਫੁਟੇਜ, ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਦਾ ਪੁਲਿਸ ਵੱਲੋਂ ਦਾਅਵਾ
ਜਗਰਾਉਂ, 31 ਮਈ, (ਦਿਨੇਸ਼ ਸ਼ਰਮਾ) ਜਗਰਾਉਂ ਦੇ ਕੱਚਾ ਮਲਕ ਰੋਡ ਸਥਿਤ ਇੱਕ ਜਿਊਲਰਜ਼ ਸ਼ੋਅਰੂਮ ਵਿੱਚ ਹੋਈ ਲੁੱਟ ਦੀ ਘਟਨਾ ਦੇ ਮਾਮਲੇ ਵਿੱਚ ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ 48 ਘੰਟਿਆਂ ਦੇ ਅੰਦਰ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਅਤੇ ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 28 ਮਈ ਦੀ ਸ਼ਾਮ ਨੂੰ ਕੱਚਾ ਮਲਕ ਰੋਡ ਸਥਿਤ ਫੈਂਸੀ ਕੜਾ ਜਿਊਲਰਜ਼ ਦੇ ਸ਼ੋਅਰੂਮ ਵਿੱਚ ਤਿੰਨ ਹਥਿਆਰਬੰਦ ਵਿਅਕਤੀ ਮੋਟਰਸਾਈਕਲ 'ਤੇ ਆਏ। ਪੁਲਿਸ ਦੇ ਅਨੁਸਾਰ ਸ਼ੋਅਰੂਮ ਵਿੱਚ ਦਾਖ਼ਲ ਹੋਣ ਉਪਰੰਤ ਇੱਕ ਵਿਅਕਤੀ ਨੇ ਤਲਵਾਰ ਅਤੇ ਦੂਜੇ ਦੋ ਵਿਅਕਤੀਆਂ ਨੇ ਪਿਸਤੌਲਾਂ ਦੇ ਜ਼ੋਰ 'ਤੇ ਉੱਥੇ ਮੌਜੂਦ ਲੋਕਾਂ ਨੂੰ ਡਰਾ ਕੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਸੀ।
ਘਟਨਾ ਤੋਂ ਬਾਅਦ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਜਾਂਚ ਅੱਗੇ ਵਧਾਈ ਗਈ।
ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ। ਪੁਲਿਸ ਅਨੁਸਾਰ ਪੁਲਿਸ ਟੀਮ ਨੂੰ ਦੇਖ ਕੇ ਉਹ ਮੋਟਰਸਾਈਕਲ 'ਤੇ ਭੱਜਣ ਲੱਗੇ, ਪਰ ਸੂਆ ਮੋੜ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਪੁਲੀ ਨਾਲ ਟਕਰਾ ਗਿਆ। ਇਸ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਕ ਸਿੰਘ ਉਰਫ਼ ਬਾਬਾ, ਜਸਕਰਨ ਸਿੰਘ ਗਰੇਵਾਲ ਅਤੇ ਕਮਲਦੀਪ ਸਿੰਘ ਉਰਫ਼ ਕਮਲ ਵਜੋਂ ਦੱਸੀ ਹੈ, ਜੋ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਣੀ ਕਲਾਂ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੌਰਾਨ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲੇ ਦਰਜ ਹੋਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ, ਜਿਸ ਦੀ ਪੁਸ਼ਟੀ ਸਬੰਧਤ ਰਿਕਾਰਡ ਰਾਹੀਂ ਕੀਤੀ ਜਾ ਰਹੀ ਹੈ।
ਪੁਲਿਸ ਦੇ ਅਨੁਸਾਰ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲੁੱਟ ਦੀ ਘਟਨਾ ਤੋਂ ਪਹਿਲਾਂ ਕੁਝ ਹੋਰ ਥਾਵਾਂ 'ਤੇ ਵੀ ਹੰਗਾਮੇ ਅਤੇ ਤੋੜ-ਫੋੜ ਦੀਆਂ ਘਟਨਾਵਾਂ ਵਾਪਰੀਆਂ ਸਨ। ਹਾਲਾਂਕਿ ਇਨ੍ਹਾਂ ਘਟਨਾਵਾਂ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦਰਮਿਆਨ ਸਬੰਧਾਂ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ।
ਕੇਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਤੋਂ ਹੋਰ ਸੰਭਾਵਿਤ ਵਾਰਦਾਤਾਂ, ਹਥਿਆਰਾਂ ਦੇ ਸਰੋਤ ਅਤੇ ਹੋਰ ਸੰਭਾਵਿਤ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।