ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਰਧਾਰਤ ਕਰਨ ਦੀ ਮੰਗ
ਪਟਿਆਲਾ, 7 ਜੂਨ ਸਟਾਫ ਰਿਪੋਰਟਰ
ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 9 ਜੂਨ ਤੋਂ ਆਪਣੇ-ਆਪਣੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਦਾ ਐਲਾਨ ਕੀਤਾ ਹੈ।
ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ, ਹਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੈਣੀ ਅਤੇ ਅਮਰਦੀਪ ਸਿੰਘ ਚਹਿਲ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ, ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਸਟੋਰਾਂ ਅਤੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਮੁਲਾਜ਼ਮ ਲੰਬੇ ਸਮੇਂ ਤੋਂ ਘੱਟ ਤਨਖ਼ਾਹਾਂ 'ਤੇ ਸੇਵਾਵਾਂ ਨਿਭਾ ਰਹੇ ਹਨ।
ਆਗੂਆਂ ਅਨੁਸਾਰ ਉਹ ਲੰਬੇ ਸਮੇਂ ਤੋਂ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਰਧਾਰਤ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵੱਲੋਂ ਇਸ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ।
ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 24 ਮਈ ਨੂੰ ਖੰਨਾ ਵਿਖੇ ਬਿਜਲੀ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਚੋਣ ਜ਼ਾਬਤੇ ਤੋਂ ਬਾਅਦ 15 ਜੂਨ ਤੱਕ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਸਹਿਮਤੀ ਬਣੀ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਹੁਣ ਮੈਨੇਜਮੈਂਟ ਉਸ ਸਹਿਮਤੀ ਤੋਂ ਪਿੱਛੇ ਹਟ ਰਹੀ ਹੈ।
ਇਸ ਦੇ ਵਿਰੋਧ ਵਜੋਂ 9 ਜੂਨ ਤੋਂ ਪੰਜਾਬ ਭਰ ਵਿੱਚ ਵਿਭਾਗੀ ਦਫ਼ਤਰਾਂ ਅੱਗੇ ਲਗਾਤਾਰ ਧਰਨੇ ਸ਼ੁਰੂ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਸੰਘਰਸ਼ ਦੌਰਾਨ ਜੇਕਰ ਬਿਜਲੀ ਉਤਪਾਦਨ ਜਾਂ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਲਈ ਸਰਕਾਰ ਅਤੇ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ।