ਲੁਧਿਆਣਾ, 8 ਮਈ (ਸੰਜੀਵ ਮਲਹੋਤਰਾ) ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 09 ਮਈ 2026 ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ਼੍ਰੀ ਹਿਮਾਂਸ਼ੂ ਅਰੋੜਾ ਨੇ ਦੱਸਿਆ ਕਿ ਲੋਕਾਂ ਦੇ ਮਾਮਲਿਆਂ ਦਾ ਆਪਸੀ ਰਜ਼ਾਮੰਦੀ ਨਾਲ ਜਲਦੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਲੁਧਿਆਣਾ, ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਦੀਆਂ ਅਦਾਲਤਾਂ ਵਿੱਚ ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ ਕੁੱਲ 48 ਬੈਂਚਾਂ ਅਤੇ ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਸਬ-ਡਵੀਜ਼ਨਾਂ ਵਿੱਚ 10 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਬੈਂਚਾਂ ਵਿੱਚ ਪ੍ਰੀ-ਲਿਟੀਗੇਟਿਵ ਮਾਮਲਿਆਂ ਦੇ ਨਾਲ-ਨਾਲ ਲੰਬਿਤ ਦੀਵਾਨੀ ਅਤੇ ਰਾਜੀਨਾਮੇ ਯੋਗ ਫੌਜਦਾਰੀ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਇੱਕ ਲੱਖ ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਮਾਨਯੋਗ ਜੂਡੀਸ਼ੀਅਲ ਅਫਸਰਾਂ ਵੱਲੋਂ ਇਨ੍ਹਾਂ ਕੇਸਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਤੇਜ਼ੀ ਨਾਲ ਹੋ ਜਾਂਦਾ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਮਾਨਤਾ ਪ੍ਰਾਪਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਦੇ ਫੈਸਲੇ ਖ਼ਿਲਾਫ਼ ਅਪੀਲ ਨਹੀਂ ਹੁੰਦੀ ਅਤੇ ਅਦਾਲਤੀ ਫੀਸ ਵੀ ਵਾਪਸ ਮਿਲ ਜਾਂਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਵਿਅਕਤੀ ਆਪਣੇ ਕੇਸ ਲੋਕ ਅਦਾਲਤ ਰਾਹੀਂ ਨਿਪਟਾਉਣਾ ਚਾਹੁੰਦੇ ਹਨ, ਉਹ ਸੰਬੰਧਿਤ ਅਦਾਲਤ ਦੇ ਪ੍ਰੀਜ਼ਾਈਡਿੰਗ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਜਦਕਿ ਪ੍ਰੀ-ਲਿਟੀਗੇਟਿਵ ਮਾਮਲਿਆਂ ਲਈ ਬੇਨਤੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਅੰਤ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵਿਵਾਦਾਂ ਦਾ ਆਪਸੀ ਸਹਿਮਤੀ ਨਾਲ ਜਲਦੀ ਨਿਪਟਾਰਾ ਕਰਵਾਉਣ ਦੀ ਅਪੀਲ ਕੀਤੀ ਗਈ।