ਜਗਰਾਉਂ, 09 ਮਈ (ਸੰਜੀਵ ਮਲਹੋਤਰਾ) ਪੰਜਾਬ ਅੰਦਰ ਸਫਾਈ ਸੇਵਕਾਂ ਅਤੇ ਮਿਉਂਸੀਪਲ ਕਾਮਿਆਂ ਵੱਲੋਂ 6 ਮਈ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸ਼ੁੱਕਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ। ਯੂਨੀਅਨ ਆਗੂਆਂ ਅਨੁਸਾਰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰੀ ਪੱਧਰ ‘ਤੇ ਕਿਸੇ ਮੰਤਰੀ ਜਾਂ ਅਧਿਕਾਰੀ ਵੱਲੋਂ ਨਾ ਤਾਂ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਲਈ ਸਮਾਂ ਦਿੱਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਵੱਧ ਰਿਹਾ ਹੈ।
ਸਫਾਈ ਸੇਵਕ ਯੂਨੀਅਨ ਅਤੇ ਮਿਉਂਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਸਕੱਤਰ ਰਜਿੰਦਰ ਕੁਮਾਰ ਨੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ‘ਤੇ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਸਰਕਾਰ ਦੀ ਚੁੱਪੀ ‘ਤੇ ਨਾਰਾਜ਼ਗੀ ਵੀ ਜਤਾਈ।
ਨਗਰ ਕੌਂਸਲ ਜਗਰਾਉਂ ਵਿਖੇ ਚੱਲ ਰਹੇ ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਇਸ ਮੌਕੇ ਪੰਜਾਬੀ ਰੰਗ ਮੰਚ ਨਾਲ ਸੰਬੰਧਤ ਕਲਾਕਾਰ ਪ੍ਰੇਮ ਅਠੂਰ ਨੇ ਰੰਗਮੰਚੀ ਪੇਸ਼ਕਾਰੀ ਰਾਹੀਂ ਧਰਨਾਕਾਰੀਆਂ ਦਾ ਹੋਂਸਲਾ ਵਧਾਇਆ।
ਧਰਨੇ ਦੌਰਾਨ ਕੌਮੀ ਕਲਾਕਾਰ ਸੰਤੋਖ ਰਾਮ ਗਿੱਲ ਵੱਲੋਂ ਪੇਸ਼ ਕੀਤੇ ਗੀਤਾਂ ਨੂੰ ਵੀ ਹਾਜ਼ਰੀਨਾਂ ਵੱਲੋਂ ਸਰਾਹਿਆ ਗਿਆ। ਇਸੇ ਦੌਰਾਨ ਸਮਾਜ ਸੇਵੀ ਪਰਮਜੀਤ ਸਿੰਘ ਰਿੰਪੀ ਲੱਧੜ ਵੱਲੋਂ ਧਰਨੇ ਲਈ ਗੱਦਿਆਂ ਦੀ ਸੇਵਾ ਕੀਤੀ ਗਈ, ਜਿਸ ਲਈ ਯੂਨੀਅਨ ਮੈਂਬਰਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਸੰਘਰਸ਼ ਲੰਮਾ ਚੱਲਣ ਦੀ ਸੰਭਾਵਨਾ ਨੂੰ ਦੇਖਦਿਆਂ ਧਰਨੇ ਦੇ ਨਾਲ-ਨਾਲ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮਾਮਲੇ ਸਬੰਧੀ ਸਰਕਾਰੀ ਪੱਖ ਜਾਂ ਸੰਬੰਧਤ ਵਿਭਾਗ ਵੱਲੋਂ ਖਬਰ ਲਿਖੇ ਜਾਣ ਤੱਕ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਪ੍ਰਤੀਕਿਰਿਆ ਮਿਲਣ ‘ਤੇ ਉਸਨੂੰ ਵੀ ਯੋਗ ਢੰਗ ਨਾਲ ਪ੍ਰਕਾਸ਼ਿਤ ਕੀਤਾ ਜਾਵੇਗਾ।