ਪੈਟਰੋਲ ਪੰਪਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ, ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ
ਮੋਗਾ, 20 ਮਈ ,(ਰਣਜੀਤ ਸਿੱਧਵਾਂ) ਮੋਗਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਅਤੇ ਡਿਲਵਰੀ ਦੀ ਸਮੀਖਿਆ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਮੋਗਾ ਅਤੇ ਵੱਖ-ਵੱਖ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਆਇਲ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਮੋਗਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸੇ ਵੀ ਪੈਟਰੋਲ ਪੰਪ ‘ਤੇ ਪੈਟਰੋਲ ਜਾਂ ਡੀਜ਼ਲ ਦੀ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ‘ਤੇ ਕੋਈ ਪਾਬੰਦੀ ਨਹੀਂ ਲਗਾਈ ਗਈ, ਹਾਲਾਂਕਿ ਗੈਰਅਧਿਕਾਰਤ ਕੰਟੇਨਰਾਂ ਵਿੱਚ ਤੇਲ ਦੀ ਵਿਕਰੀ ਅਤੇ ਲੋੜ ਤੋਂ ਵੱਧ ਤੇਲ ਦੀ ਵਿਕਰੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਕੰਪਨੀਆਂ ਦੇ ਅਧਿਕਾਰੀਆਂ ਅਨੁਸਾਰ ਕੁਝ ਪੈਟਰੋਲ ਪੰਪਾਂ ਨੂੰ ਅਡਵਾਂਸ ਭੁਗਤਾਨ ਪ੍ਰਣਾਲੀ ਕਾਰਨ ਅਸਥਾਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਪਰ ਸਾਰੇ ਪੰਪਾਂ ਨੂੰ ਲੋੜ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪੰਪਾਂ ‘ਤੇ ਸਟਾਕ ਘੱਟ ਹੋਣ ਦੀ ਸਥਿਤੀ ਬਣ ਰਹੀ ਹੈ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ।
ਘਰੇਲੂ ਗੈਸ ਸਪਲਾਈ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਗੈਸ, ਐਚ ਪੀ ਗੈਸ ਅਤੇ ਇੰਡੇਨ ਗੈਸ ਏਜੰਸੀਆਂ ਵੱਲੋਂ ਰੋਜ਼ਾਨਾ ਹਜ਼ਾਰਾਂ ਗੈਸ ਸਿਲੰਡਰ ਖਪਤਕਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਪੈਨਿਕ ਬੁਕਿੰਗ ਕਾਰਨ ਡਿਲੀਵਰੀ ਵਿੱਚ ਦੇਰੀ ਹੋਈ ਸੀ, ਪਰ ਹੁਣ ਸਥਿਤੀ ਵਿੱਚ ਕਾਫ਼ੀ ਸੁਧਾਰ ਆ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਸਮੂਹ ਆਇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਤੇਲ ਜਾਂ ਗੈਸ ਦੀ ਬੇਲੋੜੀ ਸਟਾਕਿੰਗ ਜਾਂ ਪੈਨਿਕ ਬੁਕਿੰਗ ਤੋਂ ਗੁਰੇਜ਼ ਕੀਤਾ ਜਾਵੇ।
“ਪ੍ਰਸ਼ਾਸਨ ਵੱਲੋਂ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।”
━━━━━━━━━━━━━━━━━━
ਮੁੱਖ ਜਾਣਕਾਰੀਆਂ
✔ ਮੋਗਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ
✔ ਕਿਸੇ ਵੀ ਪੈਟਰੋਲ ਪੰਪ ‘ਤੇ ਕਮੀ ਨਾ ਹੋਣ ਦਾ ਦਾਅਵਾ
✔ ਗੈਰਅਧਿਕਾਰਤ ਵਿਕਰੀ ‘ਤੇ ਨਿਗਰਾਨੀ
✔ ਗੈਸ ਸਿਲੰਡਰਾਂ ਦੀ ਡਿਲੀਵਰੀ ਨਿਯਮਿਤ ਜਾਰੀ
✔ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ