ਇਨਕਲਾਬੀ ਕੇਂਦਰ ਪੰਜਾਬ ਅਤੇ ਭਾਕਿਯੂ ਏਕਤਾ ਡਕੌਂਦਾ ਦੀ ਮੀਟਿੰਗ ਵਿੱਚ ਅਮਰੀਕਾ-ਭਾਰਤ ਵਪਾਰ ਸਮਝੌਤੇ ਦਾ ਵਿਰੋਧ
ਜਗਰਾਉਂ ਸੰਜੀਵ ਮਲਹੋਤਰਾ
ਜਗਰਾਉਂ ਖੇਤਰ ਦੇ ਪਿੰਡ ਲੀਲਾਂ ਮੇਘ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬਲਾਕ ਸਿੱਧਵਾਂ ਬੇਟ) ਦੀ ਮੀਟਿੰਗ ਦੌਰਾਨ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਸੰਭਾਵਿਤ ਪ੍ਰਭਾਵਾਂ ਨੂੰ ਲੈ ਕੇ ਚਿੰਤਾ ਜਤਾਈ ਗਈ। ਮੀਟਿੰਗ ਵਿੱਚ ਬੁਲਾਰਿਆਂ ਨੇ ਇਸ ਸਮਝੌਤੇ ਦਾ ਵਿਰੋਧ ਕਰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੋਸ਼ ਲਾਇਆ ਕਿ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ, ਉਦਯੋਗ ਅਤੇ ਸੇਵਾ ਖੇਤਰ ਲਈ ਗੰਭੀਰ ਚੁਣੌਤੀਆਂ ਖੜ੍ਹੀਆਂ ਕਰ ਸਕਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਨਾਲ ਰੁਜ਼ਗਾਰ, ਖੇਤੀ ਅਤੇ ਘਰੇਲੂ ਉਤਪਾਦਨ 'ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।
ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ ਨੇ ਕਿਹਾ ਕਿ ਇਸ ਮੁੱਦੇ ਆਇਸਬੰਧੀ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਵਿੱਚ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਵਾਲੇ ਕਿਸਾਨ ਮੋਰਚੇ ਦੀਆਂ ਤਿਆਰੀਆਂ ਨੂੰ ਵੀ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ।
ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਮਹਿਲਕਲਾਂ ਦੀ ਕਿਰਨਜੀਤ ਕੌਰ ਯਾਦਗਾਰੀ ਸਮਾਗਮ ਦਾ ਜ਼ਿਕਰ ਕਰਦਿਆਂ ਔਰਤਾਂ ਨਾਲ ਹੋ ਰਹੇ ਅਤਿਆਚਾਰਾਂ ਅਤੇ ਸਮਾਜਿਕ ਵਿਤਕਰਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ 12 ਅਗਸਤ ਨੂੰ ਮਹਿਲਕਲਾਂ ਵਿਖੇ ਹੋਣ ਵਾਲੇ ਯਾਦਗਾਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਕੁਲਵੰਤ ਸਿੰਘ ਕਾਂਤਾ, ਚਰਨਜੀਤ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ, ਤੀਰਥ ਸਿੰਘ, ਜਗਵਿੰਦਰ ਸਿੰਘ ਤੂਰ, ਜਸਵਿੰਦਰ ਸਿੰਘ ਭਮਾਲ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਗਾਲਬ ਅਤੇ ਗੁਰਸੇਵਕ ਸਿੰਘ ਕਲੇਰ ਸਮੇਤ ਹੋਰ ਆਗੂ ਹਾਜ਼ਰ ਸਨ।