ਮੰਡੀ ਮੁੱਲਾਂਪੁਰ ਇਲਾਕੇ ਵਿੱਚ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਾਂਝਾ ਕੀਤੀ ਗਈ ਰੋਜ਼ਾਨਾ ਕ੍ਰਾਈਮ ਰਿਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਦਾਖਾ ਦੇ ਜਾਂਚ ਅਧਿਕਾਰੀ ਏਐਸਆਈ ਸੁਖਮੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਸਬੰਧੀ ਮੰਡੀ ਮੁੱਲਾਂਪੁਰ ਦੇ ਬੈਕ ਸਾਈਡ ਸਿਨੇਮਾ ਘਰ ਨੇੜੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਮੁਤਾਬਕ ਨਸ਼ੇ ਦੀ ਹਾਲਤ ਵਿੱਚ ਜਾਪਦਾ ਸੀ।
ਪੁਲਿਸ ਰਿਪੋਰਟ ਅਨੁਸਾਰ ਉਕਤ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਥਿਤ ਤੌਰ ‘ਤੇ ਘਬਰਾਹਟ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਉਪਰੰਤ ਪੁਲਿਸ ਵੱਲੋਂ ਸ਼ੱਕ ਦੇ ਆਧਾਰ ‘ਤੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਵਿਅਕਤੀ ਨੇ ਆਪਣੀ ਪਹਿਚਾਣ ਦਲਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪੱਤੀ ਬਾਲਾ, ਥਾਣਾ ਦਾਖਾ, ਜ਼ਿਲ੍ਹਾ ਲੁਧਿਆਣਾ ਵਜੋਂ ਦੱਸੀ।
ਪੁਲਿਸ ਦੇ ਦਾਅਵੇ ਅਨੁਸਾਰ ਉਕਤ ਵਿਅਕਤੀ ਦਾ ਸਿਵਲ ਹਸਪਤਾਲ ਜਗਰਾਉਂ ਵਿਖੇ ਡੋਪ ਟੈਸਟ ਕਰਵਾਇਆ ਗਿਆ। ਪੁਲਿਸ ਰਿਪੋਰਟ ਵਿੱਚ ਦਰਜ ਜਾਣਕਾਰੀ ਮੁਤਾਬਕ ਟੈਸਟ ਦੇ ਆਧਾਰ ‘ਤੇ ਸੰਬੰਧਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।