ਜਗਰਾਓਂ, 25 ਮਈ —ਚਰਨਜੀਤ ਸਿੰਘ ਚੰਨ
ਪੰਜਾਬ ਭਰ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਵਿੱਚ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ ਜਾ ਰਹੀ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਬਕਾ ਪੁਲਿਸ ਅਫਸਰ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਨਾ ਸਿਰਫ ਪੁਰਸ਼ ਉਮੀਦਵਾਰ, ਬਲਕਿ ਮਹਿਲਾ ਉਮੀਦਵਾਰ ਵੀ ਪੂਰੀ ਭਾਗੀਦਾਰੀ ਨਾਲ ਦਿਨ-ਰਾਤ ਮਿਹਨਤ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇੰਨੀ ਗਰਮੀ ਵਿੱਚ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਇਸ ਲਈ ਹਰ ਇੱਕ ਉਮੀਦਵਾਰ ਦੀ ਮਿਹਨਤ ਦਾ ਸਤਿਕਾਰ ਹੋਣਾ ਚਾਹੀਦਾ ਹੈ। ਭੰਗੂ ਨੇ ਕਿਹਾ ਕਿ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿ ਚੋਣਾਂ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਹਰ ਨਾਗਰਿਕ ਦਾ ਸੰਵਿਧਾਨ, ਕਾਨੂੰਨ ਅਤੇ ਚੋਣ ਕਮਿਸ਼ਨ ਦੇ ਪ੍ਰਬੰਧਾਂ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।
ਉਨ੍ਹਾਂ ਕਿਹਾ ਕਿ ਅਕਸਰ ਚੋਣਾਂ ਦੌਰਾਨ ਵੱਖ-ਵੱਖ ਧਿਰਾਂ ਵੱਲੋਂ ਸਰਕਾਰੀ ਮਸ਼ੀਨਰੀ ’ਤੇ ਦਬਾਅ ਜਾਂ ਧੱਕੇਸ਼ਾਹੀ ਦੇ ਦੋਸ਼ ਲਗਾਏ ਜਾਂਦੇ ਹਨ। ਇਸ ਲਈ ਲੋੜ ਹੈ ਕਿ ਸਰਕਾਰੀ ਅਧਿਕਾਰੀ ਬਿਨਾਂ ਕਿਸੇ ਰਾਜਨੀਤਿਕ ਜਾਂ ਹੋਰ ਦਬਾਅ ਦੇ ਆਪਣੇ ਫਰਜ਼ ਨਿਭਾਉਣ ਅਤੇ ਹਰ ਉਮੀਦਵਾਰ ਨੂੰ ਬਰਾਬਰ ਦਾ ਮੌਕਾ ਪ੍ਰਦਾਨ ਕਰਨ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਹੀ ਲੋਕਤੰਤਰ ਦੀ ਅਸਲ ਮਜ਼ਬੂਤੀ ਦੀ ਪਹਿਚਾਣ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਆਪਣੀ ਵੋਟ ਦਾ ਇਸਤੇਮਾਲ ਸ਼ਾਂਤੀ ਅਤੇ ਜ਼ਿੰਮੇਵਾਰੀ ਨਾਲ ਕਰਨ।