ਪਿੰਡਾਂ ਵਿੱਚ ਗੈਸ ਸਿਲੰਡਰ ਦੀ ਸਪਲਾਈ 45 ਦਿਨਾਂ ਬਾਅਦ ਮਿਲਣ ਦਾ ਦਾਅਵਾ, ਮੋਟਰਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ
ਜਗਰਾਓਂ-ਸੰਜੀਵ ਮਲਹੋਤਰਾ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ ਅਤੇ ਅਖਾੜਾ ਇਕਾਈ ਦੇ ਪ੍ਰਧਾਨ ਗੁਰਤੇਜ ਸਿੰਘ ਅਖਾੜਾ ਨੇ ਪੇਂਡੂ ਖੇਤਰਾਂ ਵਿੱਚ ਰਸੋਈ ਗੈਸ ਦੀ ਸਪਲਾਈ ਅਤੇ ਬਿਜਲੀ ਪ੍ਰਬੰਧ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।
ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਆਗੂਆਂ ਨੇ ਦਾਅਵਾ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਰਸੋਈ ਗੈਸ ਦੀ ਸਪਲਾਈ ਕਰੀਬ 25 ਦਿਨਾਂ ਬਾਅਦ ਜਦਕਿ ਕਈ ਪੇਂਡੂ ਖੇਤਰਾਂ ਵਿੱਚ 45 ਦਿਨਾਂ ਬਾਅਦ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਮੌਸਮ ਦੌਰਾਨ ਖੇਤੀਬਾੜੀ ਪਰਿਵਾਰਾਂ ਵਿੱਚ ਰਸੋਈ ਗੈਸ ਦੀ ਖਪਤ ਵੱਧ ਜਾਂਦੀ ਹੈ, ਇਸ ਲਈ ਸਮੇਂ ਸਿਰ ਸਪਲਾਈ ਲਾਜ਼ਮੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਜਥੇਬੰਦੀ ਦਾ ਇੱਕ ਵਫ਼ਦ ਪਹਿਲਾਂ ਹੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲ ਕੇ ਮੰਗ ਪੱਤਰ ਦੇ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਦਾ ਅਜੇ ਤੱਕ ਢੁੱਕਵਾਂ ਹੱਲ ਨਹੀਂ ਹੋਇਆ।
ਉਨ੍ਹਾਂ ਨੇ ਖੇਤੀਬਾੜੀ ਲਈ ਬਿਜਲੀ ਸਪਲਾਈ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਅੱਠ ਘੰਟੇ ਬਿਜਲੀ ਦੇਣ ਦੇ ਦਾਅਵਿਆਂ ਦੇ ਬਾਵਜੂਦ ਕਈ ਥਾਵਾਂ 'ਤੇ ਕਿਸਾਨਾਂ ਨੂੰ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਨਾਲ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ।
ਜਥੇਬੰਦੀ ਨੇ ਸਰਕਾਰ ਤੋਂ ਪੇਂਡੂ ਖੇਤਰਾਂ ਵਿੱਚ ਰਸੋਈ ਗੈਸ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ, ਮੋਟਰਾਂ ਲਈ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਉਣ ਅਤੇ ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।